



ਆਦਿਵਾਸੀਆਂ ਨੂੰ ਪੁਲਿਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਅਤੇ ਜ਼ਬਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਕਪੂਰਥਲਾ, 27 ਫਰਵਰੀ
ਕਾਰਪੋਰੇਟ ਘਰਾਣਿਆਂ ਵੱਲੋਂ ਭਾਰਤੀ ਹਾਕਮਾਂ ਨਾਲ ਮਿਲਕੇ ਭਾਰਤ ਦੇ ਜਲ , ਜੰਗਲ, ਜ਼ਮੀਨ ਦੀ ਕੀਤੀ ਜਾ ਰਹੀ ਅੰਨੀਂ ਲੁੱਟ ਦੇ ਖਿਲਾਫ਼ ਸੰਘਰਸ਼ ਕਰ ਰਹੇ ਆਦਿਵਾਸੀਆਂ ਦੇ ਝੂਠੇ ਮੁਕਾਬਲੇ ਬਣਾ ਕੇ ਕੀਤੇ ਜਾ ਰਹੇ ਕਤਲ ਦੇ ਵਿਰੋਧ ਚਂ ਅੱਜ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ – ਲੈਨਿਨਵਾਦੀ) ਨਿਊ ਡੈਮੋਕਰੇਸੀ, ਆਰ. ਐਮ.ਪੀ.ਆਈ. ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਸੱਦੇ ਤਹਿਤ ਜ਼ਿਲ੍ਹਾ ਹੈਡਕੁਆਰਟਰ ਤੇ ਭਾਰਤੀ ਹਾਕਮਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦਰੌਪਦੀ ਮੁਰਮੂ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਸੀ ਪੀ ਆਈ ਦੇ ਆਗੂ ਕਾਮਰੇਡ ਜੈਪਾਲ ਸਿੰਘ, ਸੀ ਪੀ ਆਈ (ਐਮ– ਐਲ) ਨਿਊ ਡੈਮੋਕਰੇਸੀ ਦੇ ਆਗੂ ਕਾਮਰੇਡ ਨਿਰਮਲ ਸਿੰਘ ਸ਼ੇਰਪੁਰ ਸੱਧਾ, ਆਰ ਐਮ ਪੀ ਆਈ ਦੇ ਹਰਬੰਸ ਮੱਟੂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵਿੰਦਰ ਸਿੰਘ ਭੁੱਲਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਅਮਰਜੀਤ ਸਿੰਘ ਜਵਾਲਾਪੁਰ, ਕੁਲ ਹਿੰਦ ਕਿਸਾਨ ਸਭਾ ਦੇ ਐਡਵੋਕੇਟ ਰਜਿੰਦਰ ਸਿੰਘ ਰਾਣਾ ਸਮੇਤ ਵੱਖ –ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਕਿਹਾ ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ– ਵੱਖ ਹਿੱਸਿਆਂ ਚਂ ਜੀਵਨ ਦੀ ਸੁਰੱਖਿਆ ਜਲ , ਜੰਗਲ ਅਤੇ ਜ਼ਮੀਨ ਨੂੰ ਦੇਸੀ – ਵਿਦੇਸ਼ੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਅਤੇ ਹੋਰ ਲੋਕਾਂ ਦੇ ਪੁਲਿਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਅਤੇ ਹਰ ਕਿਸਮ ਦਾ ਜਬਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਸਾਲ 250 ਅਤੇ ਇਸ ਸਾਲ ਦੇ ਪਹਿਲੇ ਹਫ਼ਤਿਆਂ ਵਿੱਚ ਹੀ ਸੁਰੱਖਿਆ ਫੋਰਸਾਂ ਨੇ 86 ਲੋਕਾਂ ਨੂੰ ਮੁਕਾਬਲਿਆਂ ਚਂ ਮਾਰ ਦਿੱਤਾ ਗਿਆ। ਪਿਛਲੇ ਦਿਨੀਂ ਵਾਪਰੀ ਤਾਜ਼ਾ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲੇ ਵਿੱਚ 31 ਆਦਿਵਾਸੀਆਂ ਨੂੰ ਕਤਲ ਕਰ ਦਿੱਤਾ ਗਿਆ। ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਅਤੇ ਜੰਗਲੀ ਖਿੱਤੇ ਵਿੱਚ ਦੇਸੀ –ਵਿਦੇਸ਼ੀ ਕਾਰਪੋਰੇਟ ਅਤੇ ਸਾਮਰਾਜ ਦੇ ਹਵਾਲੇ ਕਰਨ ਲਈ ਜਬਰ ਦਾ ਨਿਸ਼ਾਨਾ ਬਣਾ ਕੇ ਉਜਾੜਿਆ ਜਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਦਹਿਸ਼ਤਜ਼ਦਾ ਕੀਤਾ ਜਾ ਰਿਹਾ ਹੈ। ਸੰਵਿਧਾਨ ਵਿੱਚ ਦਰਜ ਕਾਨੂੰਨੀ ਵਿਵਸਥਾ ਦੀ ਵੀ ਪਾਲਣਾ ਨਾ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਲੁੱਟ ਅਤੇ ਜ਼ਬਰ ਦਾ ਵਿਰੋਧ ਕਰ ਰਹੇ ਖਿਤਿਆਂ ਵਿਚੋਂ ਨਕਸਲੀ ਨੂੰ ਮਾਰਚ 2026 ਤੱਕ ਖ਼ਤਮ ਕਰਨ ਦੇ ਐਲਾਨ ਕਰਕੇ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਜ਼ਬਰ ਦਾ ਵਿਰੋਧ ਕਰ ਰਹੀਆਂ ਜਥੇਬੰਦੀਆਂ, ਪਾਰਟੀਆਂ, ਸਿਆਸੀ ਜਮਹੂਰੀ ਕਾਰਕੁੰਨ, ਪੱਤਰਕਾਰ ਲੇਖਕਾਂ ਨੂੰ ਵੀ ਸ਼ਹਿਰੀ ਨਕਸਲੀ ਕਹਿ ਕੇ ਇਸ ਜ਼ਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਵਿੱਚ ਵਿਰੋਧ ਦੀ ਆਵਾਜ਼ ਉਠਾਉਣ ਅਤੇ ਸੰਘਰਸ਼ ਕਰ ਰਹੇ ਲੋਕਾਂ ਉੱਤੇ ਵੱਖ ਵੱਖ ਢੰਗਾਂ ਰਾਹੀਂ ਦਬਾਉਣ ਦਾ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਭੰਡਾਲ ਬੇਟ, ਮਾਸਟਰ ਚਰਨ ਸਿੰਘ ਹੈਬਤਪੁਰ, ਕਾਮਰੇਡ ਕੋਂਸਲ ਕਪੂਰਥਲਾ, ਕਾਮਰੇਡ ਲੁਭਾਇਆ ਸਿੰਘ ਸਾਬਕਾ ਸਰਪੰਚ ਕਾਲਾ ਸੰਘਿਆਂ, ਪਰਮਜੀਤ ਸਿੰਘ ਭੰਡਾਲ ਬੇਟ, ਕਰਮਜੀਤ ਸਿੰਘ ਨੂਰਪੁਰ ਜੱਟਾਂ ਸੁਰਿੰਦਰ ਸਿੰਘ ਗ਼ਦਰੀ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਅਸ਼ੋਕ ਕੁਮਾਰ, ਪਰਮਜੀਤ ਸਿੰਘ ਰਾਮਪੁਰ ਜਗੀਰ, ਕਾਮਰੇਡ ਸੁਰਜੀਤ ਸਿੰਘ ਠੱਟਾ,ਰਾਣਾ ਰਾਮਪੁਰ ਜਗੀਰ, ਸੁੱਚਾ ਸਿੰਘ ਨਸੀਰੇਵਾਲ, ਪਿਆਰਾ ਸਿੰਘ ਭੰਡਾਲ ਦੋਨਾ, ਏਟਕ ਦੇ ਆਗੂ ਡਾਕਟਰ ਮਹਿੰਦਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।