



ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਹਰਿਆ–ਭਰਿਆ ਪੰਜਾਬ” ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣਾ ਯੋਗਦਾਨ ਪਾਉਣ ਦੀ ਕੀਤੀ ਅਪੀਲ
ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿੱਚੋਂ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਥਾਵਾਂ ਉੱਪਰ ਲਗਾਉਣ ਲਈ ਮੁਹੱਈਆ ਕਰਵਾਏ ਜਾ ਰਹੇ ਹਨ ਪੌਦੇ
ਕਪੂਰਥਲਾ, 06 ਅਗਸਤ:
73ਵੇਂ ਵਣ ਮਹਾਂ–ਉਤਸਵ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲਕੈਸ ਵਿਖੇ ਪੌਦਾ ਲਾ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਹਰਿਆ–ਭਰਿਆ ਪੰਜਾਬ” ਮੁਹਿੰਮ ਤਹਿਤ ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਵਾਤਾਵਰਣ ਪੱਖੀ ਉਪਰਾਲੇ ਵਿਚ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦਾ ਲਾਉਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੂਟੇ ਲਾਉਣ ਦੀ ਮੁਹਿੰਮ ਤਹਿਤ ਕੁੱਲ 9 ਲੱਖ ਬੂਟਿਆਂ ’ਚੋਂ 7 ਲੱਖ ਦੇ ਕਰੀਬ ਬੂਟੇ ਲਾਏ ਜਾ ਚੁੱਕੇ ਹਨ ਅਤੇ ਆਉਂਦੇ ਕੁਝ ਦਿਨਾਂ ’ਚ ਇਹ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੇ–ਏ–ਆਜ਼ਾਮ ਸ.ਭਗਤ ਸਿੰਘ ਹਰਿਆਵਲ ਲਹਿਰ ਤਹਿਤ ਰਾਜ ਦੇ ਕਰੀਬ 15 ਲੱਖ ਟਿਉਬਵੈੱਲਾਂ ’ਤੇ 45 ਲੱਖ ਜਾ ਰਹੇ ਹਨ, ਜਿਸ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ 16,240 ਟਿਊਵੈੱਲਾਂ ’ਤੇ 81,200 ਬੂਟੇ ਲਾਏ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖੀ ਜੀਵਨ ਅਤੇ ਸਿਹਤਮੰਦ ਵਾਤਾਵਰਣ ਲਈ ਬੂਟੇ ਲਾਉਣਾ ਅਤਿ ਜ਼ਰੂਰੀ ਹੈ ਅਤੇ ਇਸ ਤੋਂ ਵੀ ਉੱਪਰ ਇਨ੍ਹਾਂ ਬੂਟਿਆਂ ਦੀ ਸਾਂਭ–ਸੰਭਾਲ ਨੂੰ ਯਕੀਨੀ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੁੱਖ ਧਰਤੀ ਉੱਪਰ ਜੀਵਨ ਦਾ ਅਧਾਰ ਹਨ ਅਤੇ ਧਰਤੀ ਉੱਪਰ ਜੀਵਨ ਬਣਿਆ ਰਹੇ, ਇਸ ਲਈ ਰੁੱਖਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਜਿਸ ਤਰਾਂ ਨਾਲ ਬੇਤਹਾਸ਼ਾ ਰੁੱਖਾਂ ਦੀ ਕਟਾਈ ਹੋਈ ਹੈ ਉਸ ਨਾਲ ਆਲਮੀ ਤਪਸ ਵਿੱਚ ਵਾਧਾ ਹੋਇਆ ਹੈ ਅਤੇ ਕਈ ਤਰਾਂ ਦੇ ਮੌਸਮੀ ਵਿਗਾੜ ਆਏ ਹਨ।ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਧਰਤੀ ਜੀਵਨਦਾਇਕ ਬਣੀ ਰਹੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਮਾਨਸੂਨ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੁੱਖਾਂ ਦਾ ਸਭ ਤੋਂ ਵੱਧ ਯੋਗਦਾਨ ਹੈ, ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚੋਂ ਆਮ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਥਾਵਾਂ ਉੱਪਰ ਪੌਦੇ ਲਗਾਉਣ ਲਈ ਪੌਦੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਦੇ ਪ੍ਰਾਪਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਿਖਾ ਭਗਤ, ਐਸ. ਡੀ. ਐੱਮ. ਡਾ. ਇਰਵਿਨ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਪਾਲ ਸਿੰਘ ਇੰਡੀਅਨ, ਚੇਅਰਮੈਨ ਮਾਰਕਿਟ ਕਮੇਟੀ ਜਗਜੀਤ ਸਿੰਘ ਬਿੱਟੂ, ਚੇਅਰਪਰਸਨ ਯੋਜਨਾ ਬੋਰਡ ਲਲਿਤ ਸਕਲਾਨੀ, ਆਪ ਆਗੂ ਕੰਵਰ ਇਕਬਾਲ ਸਿੰਘ, ਪਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।